Last UPDATE: September 6, 2014 at 4:09 am

ਸ਼ਹਿਰੀ ਖੇਤਰਾਂ ਵਿੱਚ ਗ਼ੈਰ-ਸਿੱਖਾਂ ਨੂੰ ‘ਜਥੇਦਾਰੀ’ ਭਾਜਪਾ ਨੂੰ ਰੜਕੀ

ਸੁਖਬੀਰ ਬਾਦਲ ਦੇ ਪੈਂਤੜੇ ਦੇ ਟਾਕਰੇ ਲਈ ਪੰਜਾਬ ਭਾਜਪਾ ਦੀ ਦੋ-ਰੋਜ਼ਾ ਮੀਟਿੰਗ ਅਗਲੇ ਹਫ਼ਤੇ

ਚੰਡੀਗੜ੍ਹ, 5 ਸਤੰਬਰ No Image SFਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਜਥੇਬੰਦਕ ਢਾਂਚੇ ਤਹਿਤ ਸ਼ਹਿਰੀ ਖੇਤਰਾਂ ਵਿੱਚ ਹਿੰਦੂ ਵਰਗ ਨਾਲ ਸਬੰਧਤ ਆਗੂਆਂ ਨੂੰ ਮੂਹਰੇ ਲਿਆਉਣ ਨਾਲ ਭਾਰਤੀ ਜਨਤਾ ਪਾਰਟੀ ਵੀ ਹਰਕਤ ਵਿੱਚ ਆ ਗਈ ਹੈ। ਭਾਜਪਾ ਵੱਲੋਂ ਅਕਾਲੀ ਦਲ ਦੀ ਇਸ ਰਣਨੀਤੀ ਨੂੰ ਖ਼ਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ। ਪਾਰਟੀ ਨੇ ਅਗਲੇ ਹਫ਼ਤੇ ਦੋ ਰੋਜ਼ਾ ਮੀਟਿੰਗ ਵੀ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਭਾਜਪਾ ਦੀ ਸੂਬਾਈ ਲੀਡਰਸ਼ਿਪ ਅਤੇ ਸੀਨੀਅਰ ਆਗੂਆਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਤੇ ਅਕਾਲੀ ਦਲ ਦੇ ਆਗੂ ਰਹੇ ਪਰਮਦੀਪ ਸਿੰਘ ਗਿੱਲ ਵੱਲੋਂ ਜੰਮੂ ’ਚ ਇੱਕ ਸਮਾਗਮ ਦੌਰਾਨ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਇਹ ਮਾਮਲਾ ਅਜੇ ਵੀ ਦੋਹਾਂ ਪਾਰਟੀਆਂ ’ਚ ਕਸ਼ਮਕਸ਼ ਦਾ ਆਧਾਰ ਬਣਿਆ ਹੋਇਆ ਹੈ। ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਵਿੱਚ ਹਿੰਦੂ ਵਰਗ ਨਾਲ ਸਬੰਧਤ ਆਗੂਆਂ ਨੂੰ ਜ਼ਿੰਮੇਵਾਰੀ ਦੇਣ ਤੋਂ ਬਾਅਦ ਭਾਜਪਾ ਵੱਲੋਂ ਜਿਸ ਤਰ੍ਹਾਂ ਦਾ ਰੁਖ਼ ਅਪਣਾਇਆ ਜਾ ਰਿਹਾ ਹੈ, ਉਸ ਨਾਲ ਦੋਵਾਂ ਪਾਰਟੀਆਂ ਦਰਮਿਆਨ ਤਣਾਅ ਵਧਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿੱਚ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਦੀਆਂ ਜ਼ਿੰਮੇਵਾਰੀਆਂ ਪਾਰਟੀ ਦੇ ਗੈਰ ਸਿੱਖ ਆਗੂਆਂ ਨੂੰ ਦਿੱਤੀਆਂ ਗਈਆਂ ਹਨ। ਇਸ ਦਾ ਮਕਸਦ ਇਹੀ ਹੈ ਕਿ ਸ਼ਹਿਰੀ ਖੇਤਰਾਂ ਵਿਚਲੇ ਗੈਰ ਸਿੱਖ ਵੋਟਰਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇ ਤੇ ਇਹ ਪ੍ਰਭਾਵ ਦਿੱਤਾ ਜਾਵੇ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੈਰ ਸਿੱਖਾਂ ਨੂੰ ਵੀ ਪਾਰਟੀ ’ਚ ਅਹਿਮ ਸਥਾਨ ਦਿੱਤਾ ਜਾ ਰਿਹਾ ਹੈ। 2012 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵੱਲੋਂ ਗੈਰ ਸਿੱਖਾਂ ਨੂੰ ਟਿਕਟਾਂ ਦੇਣ ਦਾ ਤਜਰਬਾ ਸਫ਼ਲ ਹੋ ਚੁੱਕਾ ਹੈ। ਦਸ ਦੇ ਕਰੀਬ ਗੈਰ ਸਿੱਖ ਵਿਧਾਇਕ, ਅਕਾਲੀ ਦਲ ਦੀ ਟਿਕਟ ’ਤੇ ਜਿੱਤੇ ਸਨ। ਇਸ ਤੋਂ ਪਹਿਲਾਂ ਵੱਡੇ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਆਦਿ ਦੇ ਹੀ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਨਿਯੁਕਤ ਕੀਤੇ ਜਾਂਦੇ ਸਨ। ਇਸ ਵਾਰ ਛੋਟੇ ਜ਼ਿਲ੍ਹਿਆਂ ਨੂੰ ਵੀ ਸ਼ਹਿਰੀ ਤੇ ਦਿਹਾਤੀ ਵਰਗਾਂ ਵਿੱਚ ਵੰਡ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਪਾਰਟੀ ਵੱਲੋਂ ਆਪਣਾ ਆਧਾਰ ਵਧਾਉਣ ਲਈ ਇਸ ਤਰ੍ਹਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਇਸ ਨਾਲ ਭਾਜਪਾ ਤੇ ਅਕਾਲੀ ਦਲ ਵਿੱਚ ਕਿਸੇ ਤਰ੍ਹਾਂ ਦਾ ਸਿਆਸੀ ਟਕਰਾਅ ਨਹੀਂ ਹੋਵੇਗਾ ਕਿਉਂਕਿ ਹਰੇਕ ਪਾਰਟੀ ਨੇ ਹੀ ਆਪਣਾ ਜਨ ਆਧਾਰ ਵਧਾਉਣ ਲਈ ਕੰਮ ਕਰਨਾ ਹੁੰਦਾ ਹੈ। ਇਸ ਤੋਂ ਪਹਿਲਾਂ ਇਹੀ ਧਾਰਨਾ ਬਣੀ ਹੋਈ ਸੀ ਕਿ ਸ਼ਹਿਰਾਂ ਵਿੱਚ ਭਾਜਪਾ ਦਾ ਅਤੇ ਦਿਹਾਤੀ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਹੈ।

ਇਕ-ਦੂਜੇ ਦੇ ਖੇਤਰ ’ਚ ਘੁਸਪੈਠ ਦੀਆਂ ਕੋਸ਼ਿਸ਼ਾਂ ਤੋਂ ਕਸ਼ੀਦਗੀ

ਪਿਛਲੇ ਕੁੱਝ ਸਾਲਾਂ ਤੋਂ ਅਕਾਲੀ ਦਲ ਨੇ ਸ਼ਹਿਰਾਂ ਤੇ ਭਾਜਪਾ ਨੇ ਪਿੰਡਾਂ ਵਿੱਚ ਪੈਰ ਪਸਾਰਨੇ ਸ਼ੁਰੂ ਕੀਤੇ ਹਨ। ਭਾਜਪਾ ਨੂੰ ਭਾਵੇਂ ਜ਼ਿਆਦਾ ਸਫ਼ਲਤਾ ਨਹੀਂ ਸੀ ਮਿਲੀ ਪਰ ਅਕਾਲੀ ਦਲ ਆਪਣੀ ਰਣਨੀਤੀ ਵਿੱਚ ਕਾਮਯਾਬ ਦਿਖਾਈ ਦੇ ਰਿਹਾ ਹੈ। ਇਸ ਲਈ ਭਾਜਪਾ ਵਿੱਚ ਬੇਚੈਨੀ ਵਧਣੀ ਸੁਭਾਵਿਕ ਹੈ। ਕੌਮੀ ਪੱਧਰ ’ਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਮਜ਼ਬੂਤ ਹੋ ਕੇ ਨਿੱਕਲਣ ਨਾਲ ਅਕਾਲੀਆਂ ਤੇ ਭਾਜਪਾ ਦਰਮਿਆਨ ਕੁੜੱਤਣ ਵਧਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਰਣਨੀਤੀ ਤਣਾਅ ਨੂੰ ਹੋਰ ਵੀ ਵਧਾ ਸਕਦੀ ਹੈ।

Widgetized Section

Go to Admin » appearance » Widgets » and move a widget into Advertise Widget Zone