ਸਫ਼ਾਈ ਕਰਮੀਆਂ ਦੀ ਹੜਤਾਲ ਕਾਰਨ ਆਨੰਦਪੁਰ ਸਾਹਿਬ ’ਚ ਗੰਦਗੀ ਦੇ ਢੇਰ

ਆਨੰਦਪੁਰ ਸਾਹਿਬ ਸ਼ਹਿਰ ਅੰਦਰ ਲੱਗੇ ਹੋਏ ਗੰਦਗੀ ਦੇ ਢੇਰ।

ਬੀ.ਐਸ.ਚਾਨਾ
ਆਨੰਦਪੁਰ ਸਾਹਿਬ, 25 ਅਗਸਤ
ਦੁਨੀਆਂ ਭਰ ਦੇ ਸੈਲਾਨੀਆਂ ਅਤੇ ਸ਼ਰਧਾਲੂਆਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਵਾਲੀ ਪਵਿੱਤਰ ਨਗਰੀ ਆਨੰਦਪੁਰ ਸਾਹਿਬ ਅੰਦਰ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੋਣ ਕਾਰਨ ਸਭ ਪਾਸੇ ਗ਼ੰਦਗੀ ਦੇ ਢੇਰ ਲੱਗੇ ਹੋਏ ਹਨ। ਸ਼ਹਿਰ ’ਚ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਵੀ ਕੂੜੇ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜੇਕਰ ਇਸੇ ਤਰ੍ਹਾਂ ਜਾਰੀ ਰਹੀ ਅਤੇ ਸ਼ਹਿਰ ਦੀ ਗ਼ੰਦਗੀ ਸਾਫ਼ ਨਾ ਹੋਈ ਤਾਂ ਜਲਦੀ ਹੀ ਸ਼ਹਿਰ ਅੰਦਰ ਕੋਈ ਬੀਮਾਰੀ ਵੀ ਫੈਲ ਸਕਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦੇ ਨਾਲ ਭਾਂਵੇ ਪੰਜਾਬ ਭਰ ਵਿੱਚ ਹੀ ਸਫ਼ਾਈ ਪ੍ਰਬੰਧਾਂ ਦੀ ਹਾਲਤ ਖ਼ਸਤਾ ਹੈ ਪਰ ਆਨੰਦਪੁਰ ਸਾਹਿਬ ਅੰਦਰ ਫੈਲੀ ਗ਼ੰਦਗੀ ਨਾਲ ਆਉਣ ਵਾਲੇ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪੁੱਜ ਰਹੀ ਹੈ।
ਇਸ ਸਬੰਧੀ ਜਦੋਂ ਹੜਤਾਲ ਦੇ ਬੈਠੀ ਸਫ਼ਾਈ ਕਰਮਚਾਰੀਆਂ ਦੀ ਜਥੇਬੰਦੀ ਦੇ ਆਗੂਆਂ ਮਦਨ ਲਾਲ, ਸੋਮਾ ਨਾਥ, ਪਰਮਜੀਤ, ਰਜਿੰਦਰ ਕੁਮਾਰ, ਲੁਕੇਸ਼ ਕੁਮਾਰ, ਬੇਅੰਤ ਸਿੰਘ, ਦਾਰਾ ਸਿੰਘ ਆਦਿ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸੂਰਤ ’ਚ ਸਫ਼ਾਈ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਹ ਸ਼ਹਿਰ ਦਾ ਕੂੜਾ ਨਹੀਂ ਚੁੱਕਣਗੇ। ਦੂਜੇ ਪਾਸੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਤੁਰੰਤ ਕੋਈ ਨਾ ਕੋਈ ਯਤਨ ਕਰਕੇ ਸ਼ਹਿਰ ਦੀ ਸਫ਼ਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਬੀਮਾਰੀ ਨਾ ਫੈਲੇ।
ਇਸ ਬਾਰੇ ਨਗਰ ਕੌਂਸਲ ਦੇ ਪ੍ਰਸ਼ਾਸਕ ਤੇ ਐਸਡੀਐਮ ਅਮਰਜੀਤ ਬੈਂਸ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ’ਤੇ ਯਤਨ ਕਰਕੇ ਸ਼ਹਿਰ ਦੀ ਸਫ਼ਾਈ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਫ਼ਾਈ ਕਰਮੀਆਂ ਨੂੰ ਕਹਿ ਕੇ ਕੁਝ ਹੱਦ ਤੱਕ ਸਫ਼ਾਈ ਕਰਵਾ ਵੀ ਰਹੇ ਹਨ।
ਰੂਪਨਗਰ (ਪੱਤਰ ਪ੍ਰੇਰਕ): ਰੂਪਨਗਰ ਸ਼ਹਿਰ ਦੇ ਨਿਵਾਸੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਸੁਚਾਰੂ ਬਣਾਉਣ ਦੀ ਮੰਗ ਕੀਤੀ ਹੈ।
ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਰੂਪਨਗਰ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਰੂਪਨਗਰ ਸ਼ਹਿਰ ਦੇ ਬਾਜ਼ਾਰਾਂ, ਗਲੀ ਮੁਹੱਲਿਆਂ ਵਿੱਚ ਤੇ ਘਰਾਂ ਦੁਕਾਨਾਂ ਦੇ ਸਾਹਮਣੇ ਗੰਦਗੀ ਦੇ ਢੇਰ ਲੱਗੇ ਪਏ ਹਨ। ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਚ ਵੱਗਦਾ ਹੈ ਤੇ ਹਰ ਪਾਸੇ ਬਦਬੂ ਫੈਲੀ ਪਈ ਹੈ। ਵਫ਼ਦ ਨੇ ਖਦਸ਼ਾ ਪ੍ਰਗਟ ਕੀਤਾ ਕਿ ਬਰਸਾਤ ਦੇ ਦਿਨਾਂ ’ਚ ਮੀਂਹ ਪੈਣ ਨਾਲ ਇਹ ਗੰਦਗੀ ਮਹਾਂਮਾਰੀ ਦਾ ਰੂਪ ਧਾਰਨ ਕਰ ਸਕਦੀ ਹੈ। ਵਫ਼ਦ ਨੇ ਕਿਹਾ ਕਿ ਸਾਰੇ ਸ਼ਹਿਰਵਾਸੀ ਨਗਰ ਕੌਂਸਲ ਦੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੀ ਹਮਾਇਤ ਕਰਦੇ ਹਨ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣ।

    ਸਫ਼ਾਈ ਸੇਵਕਾਂ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੇ ਹੁਕਮ
ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਕਲਰਕਾਂ ਅਤੇ ਕੁਝ ਹੋਰ ਅਸਾਮੀਆਂ ਲਈ ਸ਼ੁਰੂ ਕੀਤੀ ਗਈ ਹੜਤਾਲ ’ਤੇ ਸਖਤ ਰੁਖ਼ ਅਖਤਿਆਰ ਕਰਦੇ ਹੋਏ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਪੱਤਰ ਨੰਬਰ ਸ1-ਜਬ-ਡਸਸ-14/32278-32470 ਤਹਿਤ ਸਮੂਹ ਡਿਪਟੀ ਕਮਿਸ਼ਨਰਾਂ, ਸਮੂਹ ਨਗਰ ਨਿਗਮ ਕਮਿਸ਼ਨਰਾਂ, ਸਮੂਹ ਰਿਜਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਤੇ ਸਮੂਹ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਨੂੰ ਕਿਹਾ ਹੈ ਕਿ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਨਾਲ ਜਿੱਥੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਜ਼ਰੂਰੀ ਕੰਮ ਠੱਪ ਪਿਆ ਹੈ ਉੱਥੇ ਹੀ ਦਰਜਾ ਚਾਰ ਸਫ਼ਾਈ ਸੇਵਕਾਂ ਵੱਲੋਂ ਕੀਤੀ ਹੜਤਾਲ ਨਾਲ ਸ਼ਹਿਰਾਂ ਦੀ ਸਫ਼ਾਈ ਦਾ ਕੰਮ ਵੀ ਠੱਪ ਹੋਇਆ ਪਿਆ ਹੈ। ਇਸ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਹੜਤਾਲ ’ਤੇ ਗਏ ਕਰਮਚਾਰੀਆਂ ਵਿਰੁੱਧ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਨੋ ਵਰਕ ਨੋ ਪੇਅ ਅਤੇ ਅਨੁਸ਼ਾਸਨੀ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

Widgetized Section

Go to Admin » appearance » Widgets » and move a widget into Advertise Widget Zone